ਅਮਰੀਕਾ ਦੇ ਨੌਰਥ ਹਾਲੀਵੁੱਡ ’ਚ ਭਿਆਨਕ ਸੜਕ ਹਾਦਸਾ, SUV ਨੇ ਰੇਹੜੀ ਵਾਲਿਆਂ ਤੇ ਰਾਹਗੀਰਾਂ ਨੂੰ ਦਰੜਿਆ, 3 ਦੀ ਮੌਤ, ਕਈ ਗੰਭੀਰ ਜ਼ਖ਼ਮੀ !

0
3

ਨੌਰਥ ਹਾਲੀਵੁੱਡ (ਕੈਲੀਫੋਰਨੀਆ) ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ ਸ਼ਹਿਰ ਦੇ ਨੌਰਥ ਹਾਲੀਵੁੱਡ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਚਿੱਟੀ SUV ਬੇਕਾਬੂ ਹੋ ਕੇ ਸੜਕ ਕਿਨਾਰੇ ਰੇਹੜੀਆਂ ਲਗਾਉਣ ਵਾਲਿਆਂ ਅਤੇ ਪੈਦਲ ਜਾ ਰਹੇ ਲੋਕਾਂ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਲਾਸ ਏਂਜਲਸ ਪੁਲਿਸ ਵਿਭਾਗ ਮੁਤਾਬਕ ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:55 ਵਜੇ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਦੁਆਰ ਨੇੜੇ ਵਾਪਰਿਆ। SUV ਦੀ ਲਪੇਟ ਵਿੱਚ ਘੱਟੋ-ਘੱਟ ਪੰਜ ਪੈਦਲ ਯਾਤਰੀ ਆ ਗਏ। ਲਾਸ ਏਂਜਲਸ ਫਾਇਰ ਵਿਭਾਗ ਅਨੁਸਾਰ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਡਰਾਈਵਰ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਅਨੁਸਾਰ SUV ਚਲਾ ਰਿਹਾ ਵਿਅਕਤੀ 60 ਸਾਲ ਦੇ ਕਰੀਬ ਉਮਰ ਦਾ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸੇ ਸਮੇਂ ਉਹ ਕਿਸੇ ਨਸ਼ੀਲੇ ਪਦਾਰਥ ਦੇ ਪ੍ਰਭਾਵ ਹੇਠ ਤਾਂ ਨਹੀਂ ਸੀ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ।

ਲਾਸ ਏਂਜਲਸ ਦੇ ਪੁਲਿਸ ਮੁਖੀ ਜਿਮ ਮੈਕਡੋਨਲ ਨੇ ਕਿਹਾ ਕਿ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਮੈਟਰੋ ਸਟੇਸ਼ਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ।

ਲਾਸ ਏਂਜਲਸ ਦੀ ਮੇਅਰ ਕੈਰਨ ਬਾਸ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਹਾਦਸੇ ਨਾਲ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਹਮਦਰਦੀ ਹੈ ਅਤੇ ਪ੍ਰਸ਼ਾਸਨ ਜਾਂਚ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਹਾਦਸੇ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਅਤੇ ਸੜਕ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਸਾਹਮਣੇ ਆਉਣ ’ਤੇ ਸਾਂਝੀ ਕੀਤੀ ਜਾਵੇਗੀ।

#northamerica#losangeles#caraccident#saddatvusa

LEAVE A REPLY

Please enter your comment!
Please enter your name here