ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪਹੁੰਚ ਗਈ ਹੈ। ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਮੇਤ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮ ਵੀਰਵਾਰ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੇ। ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਦਿੱਲੀ ਰਾਹੀਂ ਪੰਜਾਬ ਲਿਆਂਦਾ ਜਾਣਾ ਹੈ। ਇਸ ਲਈ ਏਅਰ ਇੰਡੀਆ ਐਕਸਪ੍ਰੈੱਸ ਦੀ ਦੁਪਹਿਰ 2:40 ਵਜੇ ਵਾਲੀ ਉਡਾਣ ਤੈਅ ਦੱਸੀ ਗਈ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚੌਰਣ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਪੰਜਾਬ ਆ ਕੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਹੈ। ਉਨ੍ਹਾਂ ਦੇ ਵਕੀਲ ਮੁਤਾਬਕ ਅੰਤਿਮ ਸਸਕਾਰ ਦੀਆਂ ਰਸਮਾਂ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਦਰਮਿਆਨ ਹੋਣਗੀਆਂ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਪਰਤਣ ਦੀ ਉਮੀਦ ਹੈ।

