ਵੈਟਰਨਜ਼ ਡੇਅ ਮੌਕੇ ਟਰੰਪ ਨੇ ਅਮਰੀਕੀ ਫੌਜੀਆਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ, ਕਿਹਾ- ਦੇਸ਼ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ !

0
5

ਅਮਰੀਕਾ ਵਿੱਚ ਵੈਟਰਨਜ਼ ਡੇਅ ਮੌਕੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਰਲਿੰਗਟਨ ਨੈਸ਼ਨਲ ਕਬਰਸਤਾਨ ਵਿਖੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਫੌਜੀਆਂ ਦੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਵੀ ਮੌਜੂਦ ਰਹੇ। ਦੋਵਾਂ ਨੇ ਅਣਪਛਾਤੇ ਸੈਨਿਕ ਦੀ ਸਮਾਧ ’ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਆਪਣੇ ਸੰਬੋਧਨ ਦੌਰਾਨ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਆਜ਼ਾਦੀ ਅਤੇ ਸੁਰੱਖਿਆ ਲਈ ਵੱਖ-ਵੱਖ ਜੰਗਾਂ ਵਿੱਚ ਸੈਨਿਕਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਹਰ ਉਸ ਫੌਜੀ ਦਾ ਸਦਾ ਰਿਣੀ ਰਹੇਗਾ, ਜਿਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਉਹ ਰਾਸ਼ਟਰਪਤੀ ਹਨ, ਸਰਕਾਰ ਸਾਬਕਾ ਸੈਨਿਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਰਹੇਗੀ।

ਇਸ ਮੌਕੇ ਟਰੰਪ ਨੇ ਦੂਜੇ ਵਿਸ਼ਵ ਯੁੱਧ, ਵੀਅਤਨਾਮ ਅਤੇ ਅਫ਼ਗਾਨਿਸਤਾਨ ਸਮੇਤ ਵੱਖ-ਵੱਖ ਜੰਗਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਸੈਨਿਕਾਂ ਦੀਆਂ ਬਹਾਦਰੀ ਭਰੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਵਿੱਚ 103 ਸਾਲਾ ਸਾਬਕਾ ਸੈਨਿਕ ਜੈਕ ਮਾਇਰਸ ਵੀ ਸ਼ਾਮਲ ਸਨ, ਜਿਨ੍ਹਾਂ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਸੇਵਾ ਨਿਭਾਈ ਸੀ।

ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਸਿਹਤ ਸੇਵਾਵਾਂ, ਇਲਾਜ, ਰੁਜ਼ਗਾਰ ਅਤੇ ਆਰਥਿਕ ਸਹਾਇਤਾ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਵ੍ਹਾਈਟ ਹਾਊਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਸਰਕਾਰ ਨੇ ਸਾਬਕਾ ਸੈਨਿਕਾਂ ਦੇ ਪੈਂਡਿੰਗ ਲਾਭਾਂ ਦੇ ਮਾਮਲਿਆਂ ਨੂੰ ਘਟਾਉਣ, ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਬੇਘਰ ਸਾਬਕਾ ਸੈਨਿਕਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ।

ਟਰੰਪ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅਮਰੀਕਾ ਆਪਣੇ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗਾ ਅਤੇ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗਾ।

#DonaldTrump#tribute#americnsoldiers#saddatvusa

LEAVE A REPLY

Please enter your comment!
Please enter your name here