ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ-BJP ਦਾ ਮੁੜ ਗੱਠਜੋੜ, CM ਦੀ ਕੁਰਸੀ ਅਕਾਲੀ ਦਲ ਨੂੰ ਦੇਣ ਦਾ ਐਲਾਨ !

0
3

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਮੁੜ ਗੱਠਜੋੜ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਦੋਵਾਂ ਪਾਰਟੀਆਂ ਵਿਚਾਲੇ ਛੇ ਸਾਲਾਂ ਤੋਂ ਚੱਲ ਰਹੀ ਦੂਰੀ ਖ਼ਤਮ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਗੱਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਗੱਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਮੁੱਖ ਮੰਤਰੀ ਦਾ ਅਹੁਦਾ ਵੀ ਅਕਾਲੀ ਦਲ ਨੂੰ ਮਿਲੇਗਾ।

ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਮਿਲ ਕੇ ਚੋਣ ਲੜਨਗੀਆਂ। ਹਾਲਾਂਕਿ ਸੀਟਾਂ ਦੀ ਵੰਡ ਬਾਰੇ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ।

ਮੁੱਖ ਮੰਤਰੀ ਦੇ ਅਹੁਦੇ ਬਾਰੇ ਪੁੱਛੇ ਜਾਣ ’ਤੇ ਅਮਿਤ ਸ਼ਾਹ ਨੇ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਬਣਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਸਪੱਸ਼ਟ ਸੰਕੇਤ ਦਿੱਤਾ ਕਿ ਗੱਠਜੋੜ ਦੀ ਜਿੱਤ ਹੋਣ ’ਤੇ ਪੰਜਾਬ ਦੀ ਕਮਾਨ ਅਕਾਲੀ ਦਲ ਦੇ ਹੱਥ ਹੋਵੇਗੀ।

ਜ਼ਿਕਰਯੋਗ ਹੈ ਕਿ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ 24 ਸਾਲ ਪੁਰਾਣਾ ਗੱਠਜੋੜ ਤੋੜ ਦਿੱਤਾ ਸੀ ਅਤੇ NDA ਤੋਂ ਵੱਖ ਹੋ ਗਿਆ ਸੀ।

ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਜਲਦ ਚੋਣ ਮਨੋਰਥ ਪੱਤਰ ਤਿਆਰ ਕਰਨਗੀਆਂ। ਇਸ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ, ਕਿਸਾਨਾਂ ਦੀ ਭਲਾਈ ਅਤੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨਾ ਮੁੱਖ ਮੁੱਦੇ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਪਸੰਦ ਬਣੇਗਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਵੇਗਾ।

ਵਿਰੋਧੀ ਪਾਰਟੀਆਂ ਨੇ ਗੱਠਜੋੜ ’ਤੇ ਚੁੱਕੇ ਸਵਾਲ

ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਹਮਲਾ ਕੀਤਾ। ਉਨ੍ਹਾਂ ਇਸ ਗੱਠਜੋੜ ਨੂੰ ‘ਠੱਗਜੋੜ’ ਕਰਾਰ ਦਿੰਦਿਆਂ ਲੋਕਾਂ ਨੂੰ ਦੋਵਾਂ ਪਾਰਟੀਆਂ ’ਤੇ ਮੁੜ ਭਰੋਸਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਠਜੋੜ ਸਿਆਸੀ ਪਰਿਵਾਰਾਂ ਨੂੰ ਬਚਾਉਣ ਅਤੇ ਸੱਤਾ ਹਾਸਲ ਕਰਨ ਦੀ ਲਾਲਸਾ ਕਾਰਨ ਹੋਇਆ ਹੈ।

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਵੀ ਗੱਠਜੋੜ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਜਾਂ ਰੋਡਮੈਪ ਨਹੀਂ ਹੈ।

ਉੱਧਰ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸੱਤਾ ਦੀ ਲਾਲਸਾ ਵਿੱਚ ਕਿਸੇ ਨਾਲ ਵੀ ਹੱਥ ਮਿਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਗੱਠਜੋੜ ਪੰਜਾਬ ਦੀਆਂ ਔਰਤਾਂ, ਕਿਸਾਨਾਂ, ਐੱਸ.ਸੀ. ਭਾਈਚਾਰੇ ਅਤੇ ਵਪਾਰੀਆਂ ਨਾਲ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਸੂਬੇ ਦਾ ਵਿਕਾਸ ਕਰਨਾ ਹੈ।

ਹੁਣ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ-BJP ਦੇ ਮੁੜ ਗੱਠਜੋੜ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁਕਾਬਲਾ ਹੋਰ ਦਿਲਚਸਪ ਹੋਣ ਦੇ ਆਸਾਰ ਹਨ।

#punjab #PunjabPolitics #BJPGovernment #ShromaniAkaliDal #saddatvusa

LEAVE A REPLY

Please enter your comment!
Please enter your name here