ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਲਗਭਗ ਛੇ ਸਾਲ ਪਹਿਲਾਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਇੱਕ ਵਾਰ ਫਿਰ ਹੱਥ ਮਿਲਾ ਲਿਆ ਹੈ। ਦੋਵਾਂ ਪਾਰਟੀਆਂ ਨੇ ਮੰਗਲਵਾਰ ਨੂੰ ਗੱਠਜੋੜ ਦਾ ਰਸਮੀ ਐਲਾਨ ਕੀਤਾ। ਹਾਲਾਂਕਿ ਸੀਟਾਂ ਦੀ ਵੰਡ ਬਾਰੇ ਅਜੇ ਕੋਈ ਸਪੱਸ਼ਟ ਫੈਸਲਾ ਨਹੀਂ ਹੋਇਆ, ਪਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਸ ਗੱਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।
ਦੋਵਾਂ ਪਾਰਟੀਆਂ ਦਾ ਇਹ ਗੱਠਜੋੜ 1996 ਤੋਂ ਚੱਲਿਆ ਆ ਰਿਹਾ ਸੀ, ਜਿਸ ਨੂੰ ਅਕਸਰ ‘ਨਹੁੰ-ਮਾਸ ਦਾ ਰਿਸ਼ਤਾ’ ਕਿਹਾ ਜਾਂਦਾ ਸੀ, ਪਰ ਸਤੰਬਰ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਦੋਵਾਂ ਪਾਰਟੀਆਂ ਦੇ ਰਸਤੇ ਵੱਖ ਹੋ ਗਏ ਸਨ। ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ 2020 ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ 26 ਸਤੰਬਰ ਨੂੰ ਅਕਾਲੀ ਦਲ ਨੇ ਐੱਨਡੀਏ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ।
ਕਿਸਾਨ ਅੰਦੋਲਨ ਬਣਿਆ ਸੀ ਗੱਠਜੋੜ ਟੁੱਟਣ ਦਾ ਕਾਰਨ
ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਨੇ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਦਾ ਸਮਰਥਨ ਕੀਤਾ ਸੀ, ਪਰ ਪੰਜਾਬ ਵਿੱਚ ਕਿਸਾਨਾਂ ਦੇ ਵਧਦੇ ਵਿਰੋਧ ਅਤੇ ਅਕਾਲੀ ਆਗੂਆਂ ਦੇ ਘਿਰਾਓ ਤੋਂ ਬਾਅਦ ਪਾਰਟੀ ’ਤੇ ਦਬਾਅ ਵਧ ਗਿਆ। ਇਸ ਮਗਰੋਂ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ।
ਕਿਸਾਨ ਅੰਦੋਲਨ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਤਿੱਖੀ ਬਿਆਨਬਾਜ਼ੀ ਵੀ ਹੋਈ। 15 ਦਸੰਬਰ 2020 ਨੂੰ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨੂੰ ਦੇਸ਼ ਦਾ ਅਸਲੀ ‘ਟੁਕੜੇ-ਟੁਕੜੇ ਗੈਂਗ’ ਕਰਾਰ ਦਿੰਦਿਆਂ ਪੰਜਾਬ ਵਿੱਚ ਫਿਰਕੂ ਤਣਾਅ ਪੈਦਾ ਕਰਨ ਦੇ ਦੋਸ਼ ਲਗਾਏ ਸਨ। ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਵੀ ਅਕਾਲੀ ਆਗੂਆਂ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨਾ ਮਿਲਣ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।
ਪੰਥਕ ਮੁੱਦਿਆਂ ’ਤੇ ਵੀ ਦੋਵਾਂ ਪਾਰਟੀਆਂ ਵਿਚਕਾਰ ਰਹੀ ਤਕਰਾਰ
ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਨੇ ਸਿੱਖ ਧਾਰਮਿਕ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਦੇ ਮੁੱਦੇ ’ਤੇ ਵੀ ਭਾਜਪਾ ਅਤੇ ਆਰਐੱਸਐੱਸ ਨੂੰ ਘੇਰਿਆ ਸੀ। ਸੁਖਬੀਰ ਸਿੰਘ ਬਾਦਲ ਨੇ ਕਈ ਮੌਕਿਆਂ ’ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੇ ਦੋਸ਼ ਲਗਾਏ ਸਨ।
ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਨਾਂਦੇੜ ਅਤੇ ਪਟਨਾ ਸਾਹਿਬ ਨਾਲ ਸਬੰਧਤ ਧਾਰਮਿਕ ਕਮੇਟੀਆਂ ਦੇ ਮਾਮਲਿਆਂ ਨੂੰ ਲੈ ਕੇ ਵੀ ਅਕਾਲੀ ਦਲ ਅਤੇ ਐੱਸਜੀਪੀਸੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਾਂਦੀ ਰਹੀ ਸੀ। ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਦੇਰੀ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮਿਲਣ ਵਾਲੀ ਪੈਰੋਲ ਦਾ ਮੁੱਦਾ ਵੀ ਚੁੱਕਿਆ ਸੀ।
ਭਾਜਪਾ ਨੇ ਵੀ ਅਕਾਲੀ ਦਲ ’ਤੇ ਲਗਾਏ ਸਨ ਗੰਭੀਰ ਦੋਸ਼
ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੇ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਪਰਿਵਾਰਵਾਦ ਦੇ ਦੋਸ਼ ਲਗਾਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਡਾ ਸਮੇਤ ਕਈ ਭਾਜਪਾ ਆਗੂਆਂ ਨੇ ਅਕਾਲੀ ਦਲ ਦੀ ਆਲੋਚਨਾ ਕੀਤੀ।
ਸੁਨੀਲ ਜਾਖੜ, ਤਰੁਣ ਚੁੱਘ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਨੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ, ਬੇਅਦਬੀ ਮਾਮਲਿਆਂ ਅਤੇ ਮਾਫੀਆ ਰਾਜ ਨੂੰ ਲੈ ਕੇ ਸਵਾਲ ਚੁੱਕੇ ਸਨ। ਕੁਝ ਸਮਾਂ ਪਹਿਲਾਂ ਰਵਨੀਤ ਸਿੰਘ ਬਿੱਟੂ ਨੇ ਵੀ ਨਸ਼ਿਆਂ ਦੇ ਮੁੱਦੇ ’ਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕਰਦਿਆਂ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਸੀ।
2027 ਦੀਆਂ ਚੋਣਾਂ ਤੋਂ ਪਹਿਲਾਂ ਗੱਠਜੋੜ ਸਾਹਮਣੇ ਵੱਡੀਆਂ ਚੁਣੌਤੀਆਂ
ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਸਿਆਸੀ ਮਜਬੂਰੀ ਦਾ ਨਤੀਜਾ ਵੀ ਹੋ ਸਕਦਾ ਹੈ, ਕਿਉਂਕਿ ਵੱਖ-ਵੱਖ ਚੋਣਾਂ ਲੜਨ ਕਾਰਨ ਦੋਵਾਂ ਨੂੰ ਨੁਕਸਾਨ ਹੋਇਆ ਹੈ। ਇੰਸਟੀਚਿਊਟ ਫਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ ਦੇ ਚੇਅਰਮੈਨ ਡਾ. ਪ੍ਰਮੋਦ ਕੁਮਾਰ ਅਨੁਸਾਰ ਸੀਟਾਂ ਦੀ ਵੰਡ ਤੋਂ ਇਲਾਵਾ ਦੋਵਾਂ ਪਾਰਟੀਆਂ ਨੂੰ ਆਪਣੇ ਪੁਰਾਣੇ ਵਿਵਾਦਾਂ ਬਾਰੇ ਵੀ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਖ਼ਾਲਿਦ ਮੁਹੰਮਦ ਮੁਤਾਬਕ ਪਿਛਲੇ ਛੇ ਸਾਲਾਂ ਦੌਰਾਨ ਇੱਕ-ਦੂਜੇ ਖ਼ਿਲਾਫ਼ ਦਿੱਤੇ ਗਏ ਬਿਆਨ ਅਤੇ ਸੋਸ਼ਲ ਮੀਡੀਆ ’ਤੇ ਮੌਜੂਦ ਪੁਰਾਣੀਆਂ ਵੀਡੀਓਜ਼ 2027 ਦੀਆਂ ਚੋਣਾਂ ਦੌਰਾਨ ਦੋਵਾਂ ਪਾਰਟੀਆਂ ਲਈ ਮੁਸ਼ਕਲ ਬਣ ਸਕਦੀਆਂ ਹਨ।
ਦੂਜੇ ਪਾਸੇ, ਭਾਜਪਾ ਆਗੂ ਅਨੀਲ ਸਰੀਨ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਅਕਾਲੀ ਦਲ ’ਤੇ ਨਸ਼ਿਆਂ ਸਬੰਧੀ ਲਗਾਏ ਗਏ ਦੋਸ਼ ਸਿਆਸੀ ਮੰਚਾਂ ਤੱਕ ਹੀ ਸੀਮਤ ਰਹੇ ਹਨ।
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਕਿਹਾ ਕਿ ਸਿਆਸੀ ਪਾਰਟੀਆਂ ਦੇ ਵੱਖ ਹੋਣ ਸਮੇਂ ਆਲੋਚਨਾ ਹੋਣਾ ਆਮ ਗੱਲ ਹੈ। ਉਨ੍ਹਾਂ ਦੱਸਿਆ ਕਿ ਗੱਠਜੋੜ ਤੋਂ ਪਹਿਲਾਂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਭਾਜਪਾ ਨਾਲ ਗੱਲਬਾਤ ਹੋਈ ਹੈ।
ਇਨ੍ਹਾਂ ਮੁੱਦਿਆਂ ਵਿੱਚ ਕਿਸਾਨੀ, ਬੰਦੀ ਸਿੱਖਾਂ ਦੀ ਰਿਹਾਈ, ਕਰਤਾਰਪੁਰ ਸਾਹਿਬ ਲਾਂਘਾ, ਬੇਰੁਜ਼ਗਾਰੀ, ਪੰਜਾਬ ਦੀ ਵਿੱਤੀ ਸਥਿਤੀ, ਨਸ਼ੇ ਅਤੇ ਕਾਨੂੰਨ ਵਿਵਸਥਾ ਸ਼ਾਮਲ ਹਨ। ਡਾ. ਚੀਮਾ ਮੁਤਾਬਕ ਇਨ੍ਹਾਂ ਮਾਮਲਿਆਂ ’ਤੇ ਸਹਿਮਤੀ ਬਣਨ ਤੋਂ ਬਾਅਦ ਹੀ ਗੱਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਛੇ ਸਾਲਾਂ ਦੀ ਸਿਆਸੀ ਤਲਖ਼ੀ ਤੋਂ ਬਾਅਦ ਮੁੜ ਇਕੱਠੇ ਹੋਏ ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ ਦੇ ਵੋਟਰਾਂ ਦਾ ਕਿੰਨਾ ਸਮਰਥਨ ਮਿਲਦਾ ਹੈ ਅਤੇ ਕੀ ਇਹ ਭਾਈਵਾਲੀ 2027 ਦੀਆਂ ਚੋਣਾਂ ਵਿੱਚ ਸਿਆਸੀ ਤਸਵੀਰ ਬਦਲ ਸਕੇਗੀ।
#saddatvusa#PunjabPolitics#sharomaniakalidal#BJP#alliance#PunjabElection2027#punjabpolitical#NewsUpdate

